DC ਨੇ ਕਿਸਾਨਾਂ ਨਾਲ ਬੈਠਕ ਕਰ ਕੀਤੀ ਪਰਾਲੀ ਪ੍ਰਬੰਧਨ ਸਬੰਧੀ ਚਰਚਾ, ਕਿਸਾਨਾਂ ਤੋਂ ਮੰਗਿਆਂ ਸਹਿਯੋਗ
The Deputy Commissioner held a meeting with the farmers and discussed about straw management, cooperation sought from the farmers.

ਫਾਜ਼ਿਲਕਾ, 16 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਅੱਜ ਇੱਥੇ ਵੱਖ-ਵੱਖ ਕਿਸਾਨ ਆਗੂਆਂ ਅਤੇ ਕਿਸਾਨਾਂ ਨਾਲ ਸਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਉਨ੍ਹਾਂ ਨੇ ਕਿਸਾਨਾਂ ਤੋਂ ਪਰਾਲੀ ਨਾ ਸਾੜਨ ਵਿੱਚ ਸਹਿਯੋਗ ਦੀ ਅਪੀਲ ਕਰਦਿਆਂ ਕਿਸਾਨਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ ਦੀ ਹਰ ਪ੍ਰਕਾਰ ਨਾਲ ਮੱਦਦ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਹਰ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਹੈ ਅਤੇ ਪਿਛਲੇ ਸਾਲਾਂ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਦਾ ਸਿਹਰਾ ਵੀ ਕਿਸਾਨਾਂ ਸਿਰ ਬੱਝਦਾ ਹੈ ਜਿਨ੍ਹਾਂ ਨੇ ਮਾਨਵਤਾ ਲਈ ਸੋਚਦਿਆਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਬੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਦੋ ਤਿਹਾਈ ਤੋਂ ਵਧੇਰੇ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਬਹੁਤ ਥੋੜਾ ਰਕਬਾ ਰਹਿ ਗਿਆ ਹੈ ਜਿਥੇ ਪਰਾਲੀ ਦੀ ਸੰਭਾਲ ਬਾਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਾਂ ਸਾਰੇ ਇਕ ਜੁਟ ਹੋ ਕੇ ਰਹਿੰਦੀ ਪਰਾਲੀ ਦੀ ਸੰਭਾਲ ਕਰ ਲਈਏ ਅਤੇ ਇਸ ਨੂੰ ਅੱਗ ਨਾ ਲਾਈਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਸਭ ਤੋਂ ਪਹਿਲਾਂ ਸਾਨੂੰ ਖੁਦ ਨੂੰ ਹੀ ਬਿਮਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਨ ਦੇ ਮਨੁੱਖੀ ਸਿਹਤ ਤੇ ਬਹੁਤ ਮਾੜੇ ਪ੍ਰਭਾਵ ਪੈ ਰਹੇ ਹਨ। ਇਸ ਲਈ ਸਭ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਬਲਾਕ ਵਾਈਜ਼ ਯੋਜਨਾਬੰਦੀ ਤਿਆਰ ਕਰੇ ਅਤੇ ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ ਦਾ ਮਾਰਗਦਰਸ਼ਨ ਕਰੇ। ਉਨ੍ਹਾਂ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ।
ਬੈਠਕ ਦੌਰਾਨ ਮੁੱਖ ਖੇਤੀਬਾੜੀ ਅਫਸਰ ਹਰਦੇਵ ਸਿੰਘ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੇ ਦੋ ਰੈਕ ਲੱਗ ਰਹੇ ਹਨ ਜਿਸ ਤੋਂ ਬਾਅਦ ਖਾਦ ਦੀ ਘਾਟ ਪੂਰੀ ਹੋ ਜਾਵੇਗੀ। ਬੈਠਕ ਵਿੱਚ ਜੀ.ਓ.ਜੀ. ਦੇ ਜ਼ਿਨ੍ਹਾ ਇੰਚਾਰਜ ਅਜੀਤ ਸਿੰਘ ਸਮਾਗ, ਡੀ.ਐਸ.ਪੀ. ਗੁਰਮੀਤ ਸਿੰਘ ਸੰਧੂ, ਡਿਪਟੀ ਡਾਇਰੈਕਟਰ ਬਾਗਬਾਨੀ ਤੇਜਿੰਦਰ ਸਿੰਘ ਅਤੇ ਵੱਖ-ਵੱਖ ਕਿਸਾਨ ਆਗੂ ਹਾਜ਼ਰ ਸਨ।