ਮੁੱਖ ਮੰਤਰੀ ਚੰਨੀ ਨੇ ਦੁਆਬੇ ਦੇ ਮੌਜੂਦਾ ਵਿਧਾਇਕਾਂ ਤੇ ਸਾਬਕਾ ਮੰਤਰੀਆਂ ਨਾਲ ਕੀਤੀ ਮੁਲਾਕਾਤ, ਪ੍ਰਸਾਸ਼ਨ ਨੂੰ ਕੀਤੀ ਤਾੜਨਾ

ਜਲੰਧਰ, 31 ਅਕਤੂਬਰ (ਪੂਜਾ ਵਰਮਾ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਜਲੰਧਰ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵੱਚਨਬੱਧ ਹੈ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਫੰਡਾਂ ਨੂੰ ਨਿਰੰਤਰ ਜਾਰੀ ਰੱਖਣ ਨੂੰ ਯਕੀਨੀ ਬਣਾਇਆ ਜਾਵੇਗਾ।
ਆਪਣੀ ਜਲੰਧਰ ਫੇਰੀ ਦੌਰਾਨ ਮੁੱਖ ਮੰਤਰੀ ਪੰਜਾਬ ਨੇ ਸ਼ਹਿਰ ਦੇ ਤਿੰਨ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ, ਉਨ੍ਹਾਂ ਦੀ ਸਰਕਾਰ ਵਲੋਂ ਪਹਿਲਾਂ ਹੀ ਵਿਕਾਸ ਕਾਰਜ਼ਾਂ ਦੀ ਰਫ਼ਤਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਸ. ਚੰਨੀ ਨੇ ਕਿਹਾ ਕਿ ਸਰਕਾਰ ਵੱਲੋਂ ਜਲੰਧਰ ਸ਼ਹਿਰ ਨਾਲ ਸਬੰਧਿਤ ਸਾਰੇ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦੀਆਂ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ।

ਇਸ ਉਪਰੰਤ ਸ. ਚਰਨਜੀਤ ਸਿੰਘ ਚੰਨੀ ਵਿਧਾਇਕ ਸ੍ਰੀ ਰਾਜਿੰਦਰ ਬੇਰੀ ਦੇ ਸੈਂਟਰਲ ਟਾਊਨ ਵਿਖੇ ਰਿਹਾਇਸ਼ ’ਤੇ ਪਹੁੰਚੇ। ਮੁੱਖ ਮੰਤਰੀ ਵਲੋਂ ਵਿਧਾਇਕ ਦੀ ਮਾਤਾ ਜੀ ਤੋਂ ਆਸ਼ੀਰਵਾਦ ਲਿਆ ਗਿਆ ਅਤੇ ਉਨ੍ਹਾਂ ਦੀ ਸਿਹਤ ਬਾਰੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਹੋਰਨਾਂ ਪਰਿਵਾਰਕ ਮੈਂਬਰਾਂ ਅਤੇ ਹਲਕੇ ਦੇ ਕੌਂਸਲਰਾਂ ਨਾਲ ਵੀ ਗੱਲਬਾਤ ਕੀਤੀ ਗਈ।ਇਸ ਉਪਰੰਤ ਮੁੱਖ ਮੰਤਰੀ ਵੱਲੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਰਿਹਾਇਸ਼ ਤੇ ਜਾ ਕੇ ਉਨ੍ਹਾਂ ਨਾਲ ਜ਼ਿਲ੍ਹੇ ਦੇ ਵਿਕਾਸ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਸ. ਚੰਨੀ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਮਿਲਣ ਲਈ, ਉਨ੍ਹਾਂ ਦੇ ਘਰ ਗਏ। ਜਿਥੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ. ਚੰਨੀ ਵਲੋਂ ਹਾਲ ਹੀ ਵਿੱਚ ਲੋਕਾਂ ਦੀ ਭਲਾਈ ਲਈ ਲਏ ਗਏ ਲੋਕ ਪੱਖੀ ਫ਼ੈਸਲਿਆਂ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ।
ਆਪਣੀ ਜਲੰਧਰ ਫੇਰੀ ਦੌਰਾਨ ਮੁੱਖ ਮੰਤਰੀ ਪੰਜਾਬ, ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮਹਿੰਦਰ ਸਿੰਘ ਕੇ.ਪੀ. ਅਤੇ ਵਿਧਾਇਕ ਜੂਨੀਅਰ ਅਵਤਾਰ ਹੈਨਰੀ ਬਾਵਾ ਨਾਲ ਮੁਲਾਕਾਤ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਨਾਲ ਵੀ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ।