ਮਾਝਾ

ਟੋਕੀਓ ਓਲੰਪਿਕ ‘ਚ ਖੇਡਣ ਵਾਲੀਆਂ ਭਾਰਤੀ ਹਾਕੀ ਟੀਮ ਦੀਆਂ ਖਿਡਾਰਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਬੀਬੀ ਜਗੀਰ ਕੌਰ ਨੇ ਪੰਜ-ਪੰਜ ਲੱਖ ਰੁਪਏ ਦੇ ਚੈੱਕ ਦੇ ਕੇ ਕੀਤਾ ਸਨਮਾਨਿਤ

ਅੰਮ੍ਰਿਤਸਰ, 23 ਅਗਸਤ (ਜਗਮੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟੋਕੀਓ ਓਲੰਪਿਕ ਵਿਚ ਖੇਡਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਕੀਤੇ ਫੈਸਲੇ ਤਹਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਟੋਕੀਓ ਓਲੰਪਿਕ ਖੇਡਾਂ ਦੌਰਾਨ ਲੜਕੀਆਂ ਦੀ ਭਾਰਤੀ ਹਾਕੀ ਟੀਮ ਦੀਆਂ ਹਰਿਆਣਾ ਨਾਲ ਸਬੰਧਤ ਤਿੰਨ ਖਿਡਾਰਨਾਂ ਨਵਜੋਤ ਕੌਰ, ਨਵਰੀਤ ਕੌਰ ਤੇ ਰਾਣੀ ਰਾਮਪਾਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ-ਪੰਜ ਲੱਖ ਰੁਪਏ ਦੇ ਚੈੱਕ, ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤੀ ਹਾਕੀ ਖਿਡਾਰੀਆਂ ਨੇ ਆਪਣੀ ਮਿਹਨਤ ਸਦਕਾ ਹਾਕੀ ਨੂੰ ਦੁਬਾਰਾ ਪ੍ਰਫੁੱਲਤ ਕਰਨ ਦਾ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿਚ ਵੱਡਾ ਮਹੱਤਵ ਰੱਖਦੀਆਂ ਹਨ, ਇਸ ਲਈ ਨੌਜੁਆਨੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੱਲ੍ਹਾ ਮਾਰਨੀਆਂ ਚਾਹੀਦੀਆਂ ਹਨ।

ਬੀਬੀ ਜਗੀਰ ਕੌਰ ਨੇ ਲੜਕੀਆਂ ਦੀ ਹਾਕੀ ਟੀਮ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵੇਂ ਲੜਕੀਆਂ ਦੀ ਹਾਕੀ ਟੀਮ ਓਲੰਪਿਕ ਵਿਚੋਂ ਮੈਡਲ ਪ੍ਰਾਪਤ ਨਹੀਂ ਕਰ ਸਕੀ, ਪਰ ਉਨ੍ਹਾਂ ਦੇ ਪ੍ਰਦਰਸ਼ਨ ਤੋਂ ਭਵਿੱਖ ਵਿਚ ਦੇਸ਼ ਨੂੰ ਵੱਡੀਆਂ ਆਸਾਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਓਲੰਪਿਕ ਵਿਚ ਖੇਡਣ ਵਾਲੇ ਖਿਡਾਰੀਆਂ ਨੂੰ ਪੰਜ-ਪੰਜ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਲੜਕਿਆਂ ਦੀ ਹਾਕੀ ਟੀਮ ਨੂੰ ਪਹਿਲਾਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਅੱਜ ਹਰਿਆਣਾ ਰਾਜ ਨਾਲ ਸਬੰਧਤ ਹਾਕੀ ਟੀਮ ਦੀਆਂ ਤਿੰਨ ਖਿਡਾਰਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਕਰਨ ਆਈਆਂ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਲੜਕੀਆਂ ਦੀ ਟ੍ਰੇਨਿੰਗ ਕਰਵਾਉਣ ਵਾਲੇ ਕੋਚ ਸ. ਬਲਦੇਵ ਸਿੰਘ ਇਸ ਵਕਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸੇਵਾ ਨਿਭਾਅ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਹਾਕੀ ਟੀਮਾਂ ਨੂੰ ਕੋਚਿੰਗ ਦੇ ਰਹੇ ਹਨ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੌਜੁਆਨੀ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਨਿਰੰਤਰ ਕਾਰਜ ਕਰ ਰਹੀ ਹੈ, ਜਿਸ ਤਹਿਤ ਹਾਕੀ, ਕਬੱਡੀ ਤੇ ਅਥਲੈਟਿਕਸ ਸਮੇਤ ਹੋਰ ਖੇਡਾਂ ਲਈ ਖਿਡਾਰੀ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਖਿਡਾਰੀਆਂ ਦੀ ਹਰ ਸਹੂਲਤ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਖਿਡਾਰਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਹੋਰ ਵੱਡੀਆਂ ਮੱਲ੍ਹਾਂ ਮਾਰਨਗੇ।

ਇਸ ਮੌਕੇ ਹਾਕੀ ਖਿਡਾਰਨਾਂ ਨਵਜੋਤ ਕੌਰ, ਨਵਰੀਤ ਕੌਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਜੋ ਮਾਣ ਮਿਲਿਆ ਹੈ ਉਹ ਉਨ੍ਹਾਂ ਦੇ ਜੀਵਨ ਲਈ ਅਨਮੋਲ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ. ਡਾ. ਅਮਰੀਕ ਸਿੰਘ ਲਤੀਫ਼ਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਅਤ ਸਿੰਘ ਬਹਿੜਵਾਲ ਅਤੇ ਲੜਕੀਆਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

Show More

Related Articles

Leave a Reply

Your email address will not be published.

Back to top button