ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਵਲੋਂ ਕਿਸਾਨਾਂ ਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ: ਰੇਸ਼ਮ ਸਿੰਘ ਗਿੱਲ

6 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ, 7 ਤੋਂ ਮੁੱਖ ਮੰਤਰੀ ਦੀ ਰਹਾਇਸ਼ ਅੱਗੇ ਪੱਕਾ ਮੋਰਚਾ: ਆਗੂ
ਫਾਜ਼ਿਲਕਾ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਕੱਲ ਕੇਂਦਰ ਦੀ ਫਾਸ਼ੀਵਾਦ ਮੋਦੀ ਸਰਕਾਰ ਦੇ ਹੁਕਮਾਂ ਤਹਿਤ ਹਰਿਆਣਾ ਸਰਕਾਰ ਵੱਲੋਂ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰਦੇ ਕਿਸਾਨਾਂ ਤੇ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ, ਉਸ ਦਾ ਯੂਨੀਅਨ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ ਅਤੇ ਇਸ ਸਬੰਧੀ ਜੇਕਰ ਕਿਸਾਨ ਜੱਥੇਬੰਦੀਆਂ ਵਲੋਂ ਕੋਈ ਸਖ਼ਤ ਫੈਸਲਾ ਆਉਂਦਾ ਹੈ ਤਾਂ ਯੂਨੀਅਨ ਮੁਕੰਮਲ ਰੂਪ ਵਿੱਚ ਬੱਸਾਂ ਬੰਦ ਕਰਨ ਸਮੇਤ ਸਖ਼ਤ ਐਕਸ਼ਨ ਕਰਨ ਲਈ ਤਿਆਰ ਹੈ।
ਡਿਪੂ ਫਾਜ਼ਿਲਕਾ ਦੇ ਪ੍ਰਧਾਨ ਮਨਪ੍ਰੀਤ ਸਿੰਘ, ਕੈਸ਼ੀਅਰ ਉਡੀਕ ਚੰਦ, ਮੁੱਖ ਸਲਾਹਕਾਰ ਰਵਿੰਦਰ ਸਿੰਘ ਰਿੰਕੂ ਤੇ ਗੁਰਵਿੰਦਰ ਸਿੰਘ, ਚੇਅਰਮੈਨ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੀ ਯੂਨੀਅਨ ਦੀਆਂ ਮੰਗਾਂ ਤੇ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਸਬੰਧੀ ਯੂਨੀਅਨ ਵਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ 7 ਸਤੰਬਰ ਤੋਂ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਦਾ ਘਿਰਾਓ ਕਰਕੇ ਪੱਕਾ ਮੋਰਚਾ ਲਗਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜੋ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਵਾਲਾ ਹੈ, ਉਸਦੇ ਪਹਿਲੇ ਦਿਨ ਵਿਧਾਨ ਸਭਾ ਵੱਲ ਰੋਸ ਮਾਰਚ ਕਰਕੇ ਤਿੱਖੇ ਸੰਘਰਸ਼ ਕੀਤੇ ਜਾਣਗੇ। ਇਹਨਾਂ ਸੰਘਰਸ਼ਾਂ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜ਼ਿੰਮੇਵਾਰ ਖ਼ੁਦ ਪੰਜਾਬ ਸਰਕਾਰ ਹੋਵੇਗੀ ।