
ਪਟਿਆਲਾ 27 ਅਕਤੂਬਰ (ਅਵਤਾਰ ਸਿੰਘ) ਕਾਂਗਰਸ ਦੇ ਐਨਆਰਆਈ ਵਿੰਗ ਦੇ ਪ੍ਰਧਾਨ ਬਲਬੀਰ ਸਿੰਘ ਪਵਾਰ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਅਕਾਲੀ ਦਲ ਮੁੱਖ ਬੁਲਾਰੇ ਤੇ ਸੀਨੀਅਰ ਪਾਰਟੀ ਲੀਡਰ ਸ. ਪ੍ਰੇਮ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ।
ਰਾਜਪੁਰਾ ਟਾਊਨ ਗੁਰਦੁਆਰਾ ਕੇਂਦਰੀ ਸਿੰਘ ਸਭਾ ਵਿੱਚ ਰੱਖੇ ਪ੍ਰੋਗਰਾਮ ਵਿਖੇ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬਲਵੀਰ ਸਿੰਘ ਪੁਆਰ ਨੂੰ ਸਿਰੋਪਾ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਂਦੇ ਹੋਏ ਕਿਹਾ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕਾਫ਼ੀ ਫ਼ਾਇਦਾ ਹੋਵੇਗਾ ਅਤੇ ਸੈਂਕੜੇ ਐਨ.ਆਰ.ਆਈ. ਵੀਰ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਵਿੱਚ ਪੂਰੀ ਸਪੋਰਟ ਕਰਨਗੇ।
ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਰਾਜਪੁਰਾ ਦੇ ਗੁਰਦੁਆਰਾ ਕੇਂਦਰੀ ਸਿੰਘ ਸਭਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, “ਬਲਵੀਰ ਸਿੰਘ ਪੁਆਰ ਕਾਂਗਰਸ ਪਾਰਟੀ ਛੱਡ, ਅਕਾਲੀ ਦਲ ਵਿਚ ਸ਼ਾਮਲ ਹੋਏ ਹਨ, ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਵਿੰਗ ਵੱਲੋਂ ਵਿਦੇਸ਼ਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੂਰੀ ਮਦਦ ਕੀਤੀ ਹੈ, ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਸਾਡੀ ਪੂਰੀ ਮਦਦ ਕਰਨਗੇ।
ਇਸ ਮੌਕੇ ਉਨ੍ਹਾਂ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਬਾਰੇ ਕਿਹਾ ਕਿ ਇਨ੍ਹਾਂ ਦੇ ਹਲਕੇ ਘਨੌਰ ਵਿੱਚ ਮਿੱਟੀ ਅਤੇ ਰੇਤਾ ਗ਼ੈਰ ਕਾਨੂੰਨੀ ਢੰਗ ਨਾਲ ਪੁੱਟਿਆ ਜਾ ਰਿਹਾ ਹੈ। ਪਰ ਸਾਨੂੰ ਸੁਣ ਕੇ ਬੜੀ ਹੈਰਾਨੀ ਹੋਈ ਕਿ ਮਦਨ ਲਾਲ ਜਲਾਲਪੁਰ ਬਿਆਨ ਦਿੰਦੇ ਹਨ ਹਲਕੇ ਵਿੱਚ ਗ਼ੈਰ ਕਾਨੂੰਨੀ ਢੰਗ ਨਾਲ ਕੋਈ ਵੀ ਮਾਈਨਿੰਗ ਨਹੀਂ ਕੀਤੀ ਗਈ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਜਪੁਰਾ ਵਿੱਚ ਕਾਫੀ ਅਰਸੇ ਤੋਂ ਬਾਅਦ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਹੁੰਚ ਰਹੇ ਹਨ। ਜਿਨ੍ਹਾਂ ਵਲੋਂ ਹਲਕਾ ਰਾਜਪੁਰਾ ਤੋਂ ਚੋਣ ਲੜ ਰਹੇ ਚਰਨਜੀਤ ਸਿੰਘ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ।