ਪੰਜਾਬਮਾਝਾ
Trending

ਜਗਦੀਸ਼ ਟਾਈਟਲਰ ਨੂੰ ਅਹੁਦਾ ਦੇ ਕੇ ਕਾਂਗਰਸ ਨੇ ਸਿੱਖਾਂ ਨੂੰ ਦਿੱਤੀ ਮਾਨਸਿਕ ਪੀੜਾ: ਬੀਬੀ ਜਗੀਰ ਕੌਰ

Congress inflicts mental anguish on Sikhs by appointing Jagdish Tytler: Bibi Jagir Kaur

ਅੰਮ੍ਰਿਤਸਰ, 30 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 1984 ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵੱਲੋਂ ਅਹੁਦਾ ਦੇ ਨਿਵਾਜ਼ਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਾਂਗਰਸ ਪਾਰਟੀ ਵੱਲੋਂ ਜਗਦੀਸ਼ ਟਾਈਟਲਰ ਨੂੰ ਪਾਰਟੀ ਦਾ ਪਰਮਾਨੈਂਟ ਇਨਵਾਇਟੀ ਨਿਯੁਕਤ ਕਰਨ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਨਵੰਬਰ 1984 ਵਿਚ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਨੂੰ ਬਾਰ-ਬਾਰ ਅਹੁਦੇ ਦੇਣੇ ਸਿੱਖਾਂ ਦੇ ਕਾਤਲਾਂ ਦੀ ਸਿੱਧੀ ਹਮਾਇਤ ਕਰਨਾ ਹੈ।

ਉਨ੍ਹਾਂ ਆਖਿਆ ਕਿ ਇਹ ਕਾਂਗਰਸ ਪਾਰਟੀ ਦੀ ਮਨੁੱਖਤਾ ਵਿਰੋਧੀ ਸੋਚ ਹੈ, ਜਿਸ ਨੂੰ ਸਮਾਜ ਵੱਲੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਹੋਰ ਵੀ ਵੱਡਾ ਦੁੱਖ ਇਸ ਗੱਲ ਦਾ ਹੈ ਕਿ ਟਾਈਟਲਰ ਦੀ ਨਿਯੁਕਤੀ ਨਾਲ ਸਿੱਖ ਕਤਲੇਆਮ ਦੇ ਵਰ੍ਹੇਗੰਢ ਦੇ ਮੌਕੇ ’ਤੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸੰਜੀਦਾ ਵਿਅਕਤੀ ਕਾਂਗਰਸ ਦੀ ਇਸ ਕਾਰਵਾਈ ਨੂੰ ਜਾਇਜ਼ ਨਹੀਂ ਕਹਿ ਸਕਦਾ ਅਤੇ ਇਸ ਨਾਲ ਇਹ ਪੱਕੇ ਤੌਰ ’ਤੇ ਸਾਫ਼ ਹੋ ਗਿਆ ਹੈ ਕਿ ਕਾਂਗਰਸ ਜਮਾਤ ਸਿੱਖਾਂ ਦੀ ਦੁਸ਼ਮਣ ਜਮਾਤ ਹੈ, ਜੋ ਜਾਣਬੁਝ ਕੇ ਸਿੱਖਾਂ ਨੂੰ ਮਾਨਸਿਕ ਪੀੜਾ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਕਮੇਟੀ ਕਾਂਗਰਸ ਦੇ ਇਸ ਫੈਸਲੇ ਦੀ ਜ਼ੋਰਦਾਰ ਨਿੰਦਾ ਕਰਦੀ ਹੈ ਅਤੇ ਟਾਈਟਲਰ ਸਮੇਤ ਹੋਰਨਾਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਆਪਣੇ ਯਤਨ ਜਾਰੀ ਰੱਖੇਗੀ।

Show More

Related Articles

Leave a Reply

Your email address will not be published. Required fields are marked *

Back to top button