
ਬਰਨਾਲਾ 13 ਨਵੰਬਰ (ਬਿਊਰੋ) ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਵਿਧਾਨ ਸਭਾ ਸੈਸ਼ਨ ਸਭ ਤੋਂ ਸਫਲ ਰਿਹਾ ਹੈ, ਜਿਸ ਵਿੱਚ ਕਈ ਪੰਜਾਬ ਪੱਖੀ ਸ਼ਾਲਾਘਾਯੋਗ ਫ਼ੈਸਲੇ ਲਏ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਅਤੇ ਸਾਲ 2013 ‘ਚ ਅਕਾਲੀ ਸਰਕਾਰ ਵਲੋਂ ਬਣਾਏ ‘ਕੰਟਰੈਕਟ ਫਾਰਮਿੰਗ ਐਕਟ’ ਨੂੰ ਰੱਦ ਕਰਕੇ ਮੁੜ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕੀਤੀ ਹੈ।
ਸ. ਢਿੱਲੋਂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਲੋਂ ਪ੍ਰਾਈਵੇਟ ਥਰਮਲਾਂ ਨਾਲ ਮਹਿੰਗੀ ਬਿਜਲੀ ਦੇ ਸਮਝੌਤਿਆਂ ਦੀਆਂ ਦਰਾਂ ਸਬੰਧੀ ਵਾਈਟ ਪੇਪਰ ਜਾਰੀ ਕੀਤਾ ਹੈ। ਪੰਜਾਬ ਸਰਕਾਰ ਵਲੋਂ ਨਵੀਆਂ ਬਿਜਲੀ ਦਰਾਂ ਤੈਅ ਕੀਤੀਆਂ ਜਾਣਗੀਆਂ, ਜਿਸ ਨਾਲ ਸੂਬੇ ‘ਚ ਬਿਜਲੀ ਹੋਰ ਵੀ ਸਸਤੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋ ਬੀਐਸਐਫ ਦਾ ਦਾਇਰਾ ਵਧਾਉਣ ਖ਼ਿਲਾਫ਼ ਵੀ ਪੰਜਾਬ ਸਰਕਾਰ ਨੇ ਮਤਾ ਪਾਸ ਕਰਕੇ ਕੇਂਦਰ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਕਿਉਂਕਿ ਇਸ ਨਾਲ ਕੇਂਦਰ ਸਰਕਾਰ ਅਸਿੱਧੇ ਢੰਗ ਨਾਲ ਪੰਜਾਬ ਉਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਿਸ ਨੂੰ ਪੰਜਾਬ ਸਰਕਾਰ ਨੇ ਨਾਕਾਮ ਕਰ ਦਿੱਤਾ ਹੈ।
ਸ. ਕੇਵਲ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਵਲੋ ਮਾਂ ਬੋਲੀ ਪੰਜਾਬੀ ਸਬੰਧੀ ਵੀ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਅਨੁਸਾਰ ਸਰਕਾਰ ਨੇ ਦਸਵੀਂ ਤੱਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਲਾਜ਼ਮੀ ਕਰ ਦਿੱਤੀ ਹੈ ਅਤੇ ਦਫਤਰਾਂ ‘ਚ ਵੀ ਕੰਮ ਪੰਜਾਬੀ ਭਾਸ਼ਾ ‘ਚ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਦੇ ਹੱਕ ਵਿੱਚ ਪੰਥਕ ਅਖਵਾਉਂਦੇ ਅਕਾਲੀਆਂ ਦੀ ਸਰਕਾਰ ਵੀ ਇਹ ਫੈਸਲਾ ਨਹੀਂ ਲੈ ਸਕੀ। ਸ. ਢਿੱਲੋਂ ਨੇ ਕਿਹਾ ਕਿ ਵਿਰੋਧੀਆਂ ਕੋਲ ਸਰਕਾਰ ਪ੍ਰਤੀ ਕੋਈ ਸਵਾਲ ਨਹੀਂ ਰਿਹਾ, ਜਿਸ ਕਰਕੇ ਹੁਣ ‘ਆਪ’ ਪਾਰਟੀ ਦੇ ਵਿਧਾਇਕ ਵੀ ਆਪਣੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਰਹੇ ਹਨ।