
ਘਰ ਬੈਠੇ ਵੋਟ ਅਪਲਾਈ ਕਰਨ ਲਈ ‘ਵੋਟਰ ਹੈਲਪਲਾਈਨ’ ਐਪ ਜਾਰੀ
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਸ਼ਾਤਮਈ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਪੰਜਾਬ ਨੇ ਤਿਆਰੀਆਂ ਵਿੱਢੀਆਂ ਹੋਈਆਂ ਹਨ। ਵਿਧਾਨ ਸਭਾ ਹਲਕਾ 086-ਮੁਕਤਸਰ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਸ੍ਰੀਮਤੀ ਸਵਰਨਜੀਤ ਕੌਰ ਨੇ ਦੱਸਿਆ ਕੇ ਚੋਣ ਕਮਿਸ਼ਨ ਵੱਲੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਦੀ ਵੋਟ ਬਣਾਉਣ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਇਕ ਪਾਸੇ ਜਿਥੇ ਚੋਣ ਕਮਿਸ਼ਨ ਵੱਲੋਂ ਵੋਟਾਂ ਬਣਾਉਣ ਲਈ ਸੂਬੇ ਚ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਘਰ ਬੈਠ ਕੇ ਵੋਟ ਅਪਲਾਈ ਕਰਨ ਲਈ ‘ਵੋਟਰ ਹੈਲਪਲਾਈਨ’ ਐਪ ਵੀ ਤਿਆਰ ਕੀਤੀ ਗਈ ਹੈ। ਚੋਣਕਾਰ ਰਜਿਸਟਰੇਸ਼ਨ ਅਫਸਰ 086-ਮੁਕਤਸਰ ਵੱਲੋਂ ਐਪ ਬਾਰੇ ਦੱਸਿਆ ਕਿ ਇਸ ਰਾਹੀਂ ਕੋਈ ਵੀ ਵਿਅਕਤੀ ਨਵੀਂ ਵੋਟ ਬਣਾਉਣ, ਪੁਰਾਣੀ ਵੋਟ ਕਟਵਾਉਣ ਅਤੇ ਵੋਟ ਵਿਚਲੀਆਂ ਤਰੁੱਟੀਆਂ ਦੂਰ ਕਰਾਉਣ ਲਈ ਅਪਲਾਈ ਕਰ ਸਕਦਾ ਹੈ।
ਉਨ੍ਹਾਂ ਵੱਲੋਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਅਪਾਹਜਾਂ ਨੂੰ ਵੋਟਾਂ ਬਣਾਉਣ ਚ ਆਉਣ ਵਾਲੀਆਂ ਦਿੱਕਤਾਂ ਦੇ ਮੱਦੇਨਜਰ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਦੱਸਿਆ ਕਿ ਚੋਣ ਕਮਿਸ਼ਨ ਅਪਾਹਜਾਂ ਨੂੰ ਬਰਾਬਰੀ ਦਾ ਅਧਿਕਾਰ ਦਿੰਦਿਆਂ ਉਨ੍ਹਾਂ ਦੀ ਵੋਟ ਬਣਾਉਣ ਨੂੰ ਤਰਜੀਹ ਦੇ ਰਿਹਾ ਹੈ ਅਤੇ ਵੋਟਾਂ ਵਾਲੇ ਦਿਨ ਇਨ੍ਹਾਂ ਵੋਟਰਾਂ ਨੂੰ ਵੋਟ ਪਾਉਣ ਵਿੱਚ ਕੋਈ ਦਿੱਕਤਾ ਨਾ ਆਵੇ, ਇਸ ਸਬੰਧੀ ਵੀ ਵਿਸ਼ੇਸ਼ ਸਹੂਤਲਾਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਵੱਲੋਂ ਵਿਧਾਨ ਸਭਾ ਹਲਕਾ 086 ਮੁਕਤਸਰ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ 20 ਅਤੇ 21 ਨਵੰਬਰ ਨੂੰ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਬੀ.ਐਲ.ਓ ਆਪਣੇ ਆਪਣੇ ਬੂਥਾਂ ਤੇ ਹਾਜਿਰ ਰਹਿਣਗੇ ਤਾਂ ਜੋ ਕੋਈ ਵੀ ਨਾਗਰਿਕ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।