ਦੁਆਬਾਪੰਜਾਬ
Trending

ਪੰਜਾਬ ਕੈਬਨਿਟ ਪਹਿਲੇ ਵਫ਼ਦ ਦੇ ਤੌਰ ‘ਤੇ 18 ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਵੇਗੀ ਨਤਮਸਤਕ

The Punjab Cabinet will be the first delegation to pay obeisance at Sri Kartarpur Sahib on the 18th.

ਗੁਰਦਾਸਪੁਰ 16 ਨਵੰਬਰ (ਦ ਪੰਜਾਬ ਟੂਡੇ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਵਫ਼ਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗੀ।

ਅੱਜ ਇੱਥੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਉੱਘੇ ਆਗੂ ਸਰਦਾਰ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਲਾਂਘੇ ਨੂੰ ਮੁੜ ਖੋਲ੍ਹਣ ਦਾ ਮੁੱਦਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਨਿੱਜੀ ਤੌਰ ‘ਤੇ ਉਠਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਖਾਸ ਤੌਰ ‘ਤੇ ਸਿੱਖ ਭਰਾਵਾਂ ਲਈ ਖੁਸ਼ੀ ਦਾ ਮੌਕਾ ਹੈ ਅਤੇ 18 ਨਵੰਬਰ ਨੂੰ ਸਮੁੱਚੀ ਪੰਜਾਬ ਕੈਬਨਿਟ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਗਤੀ ਦੇ ਰਾਹ ‘ਤੇ ਹੈ ਅਤੇ ਸੂਬੇ ਵਿੱਚ ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਬਦਲਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਣਾ ਕੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਸ. ਸੰਤੋਖ ਸਿੰਘ ਰੰਧਾਵਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਸ ਮਹਾਨ ਆਗੂ ਦਾ ਜੀਵਨ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸ. ਰੰਧਾਵਾ ਨੈਤਿਕਤਾ, ਇਮਾਨਦਾਰੀ ਅਤੇ ਕਦਰਾਂ-ਕੀਮਤਾਂ ‘ਤੇ ਅਧਾਰਤ ਰਾਜਨੀਤੀ ਦੇ ਸਮਰਥਕ ਸਨ। ਉਨ੍ਹਾਂ ਕਿਹਾ ਕਿ ਸ. ਰੰਧਾਵਾ ਜਨਤਾ ਦੇ ਹਰਮਨ ਪਿਆਰੇ ਆਗੂ ਸਨ, ਜਿਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਪਾਰਟੀ ਅਤੇ ਸੂਬੇ ਦੀ ਸੇਵਾ ਕੀਤੀ।

ਇਸ ਮੌਕੇ ਮੁੱਖ ਮੰਤਰੀ ਨੇ ਸ. ਸੰਤੋਖ ਸਿੰਘ ਰੰਧਾਵਾ ਨਾਲ ਆਪਣੇ ਪੁਰਾਣੇ ਸਬੰਧਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਉਸ ਸਮੇ ਉਹ ਕਾਂਗਰਸ ਪਾਰਟੀ ‘ਚ ਮੁੱਢਲੇ ਮੈਂਬਰ ਵਜੋਂ ਸ਼ਾਮਲ ਹੋਏ ਸਨ, ਜਿਸ ਸਮੇ ਸ. ਰੰਧਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਪਿਤਾ ਦੀ ਮਹਾਨ ਵਿਰਾਸਤ ਨੂੰ ਅੱਗੇ ਤੌਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਪਣੇ ਪਿਤਾ ਤੋਂ ਇਮਾਨਦਾਰੀ, ਮਿਹਨਤ, ਲਗਨ ਅਤੇ ਵਚਨਬੱਧਤਾ ਦੇ ਉੱਚੇ ਆਦਰਸ਼ ਵਿਰਸੇ ਵਿੱਚ ਮਿਲੇ ਹਨ।

ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸਮੂਹ ਲੋਕਾਂ ਖਾਸ ਕਰਕੇ ਮੁੱਖ ਮੰਤਰੀ ਦਾ ਰਿਣੀ ਹੈ, ਜੋ ਇਸ ਮੌਕੇ ਉਨ੍ਹਾਂ ਨਾਲ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਆਪਣਾ ਸਾਰਾ ਜੀਵਨ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤਾ ਸੀ। ਇਸ ਮੌਕੇ ਸ. ਰੰਧਾਵਾ ਨੇ ਇਹ ਵੀ ਪ੍ਰਣ ਕੀਤਾ ਕਿ ਉਨ੍ਹਾਂ ਦਾ ਪਰਿਵਾਰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਆਉਣ ਵਾਲੇ ਸਮੇਂ ਵਿੱਚ ਇਸ ਪ੍ਰੰਪਰਾ ਨੂੰ ਜਾਰੀ ਰੱਖੇਗਾ।

ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ੍ਰੀਮਤੀ ਅਰੁਣਾ ਚੌਧਰੀ, ਵਿਧਾਇਕ ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਕੁਲਬੀਰ ਸਿੰਘ ਜ਼ੀਰਾ, ਅਮਿਤ ਵਿੱਜ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਕੋਟਭਾਈ, ਸਾਬਕਾ ਪੰਜਾਬ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਤੇ ਹੋਰ ਆਗੂ ਵੀ ਹਾਜ਼ਿਰ ਸਨ।

Show More

Related Articles

Leave a Reply

Your email address will not be published. Required fields are marked *

Back to top button