
ਚੰਡੀਗੜ੍ਹ, 30 ਨਵੰਬਰ (ਦ ਪੰਜਾਬ ਟੁਡੇ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਮਨ ਲਿਆ ਹੈ ਕਿ ਕਾਂਗਰਸ ਸਰਕਾਰ ਦਾ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਸਾਨਾਂ ਦੇ 90 ਹਜ਼ਾਰ ਕਰੋੜ ਰੁਪਏ ਦੇ ਪੂਰਨ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਨੁੰ ਪੂਰਾ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ‘ਤੇ ਆਪਣੇ ਵਾਅਦੇ ਤੋਂ ਭੱਜਣ ਲਈ ਜ਼ਿੰਮੇਵਾਰੀ ਕੇਂਦਰ ਸਰਕਾਰ ਸੁੱਟਣ ਵਾਸਤੇ ਤਰਕੀਬਾਂ ਲਾਉਣ ਤੇ ਧੋਖੇਬਾਜ਼ੀ ਕਰਨ ਦਾ ਦੋਸ਼ ਵੀ ਲਗਾਇਆ।
ਇਸ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਪੰਜਾਬ ਦੇ ਕਿਸਾਨਾਂ ਨੂੰ ਦੋਹਰਾ ਝਟਕਾ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਵੇਲੇ ਉਸ ਸਮੇਂ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਹ ਝਾਂਸਾ ਦਿੱਤਾ ਸੀ, ਕਿ ਕਾਂਗਰਸ ਸਰਕਾਰ ਉਨ੍ਹਾਂ ਦਾ ਪੂਰਾ ਕਰਜ਼ਾ ਮੁਆਫ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਧੋਖਾ ਦੇਣ ਤੇ ਉਨ੍ਹਾਂ ਨਾਲ ਵਿਸ਼ਵਾਘਾਤ ਕਰਨ ਤੋਂ ਚੰਨੀ ਇਕ ਵਾਰ ਫਿਰ ਤੋਂ ਕਿਸਾਨਾਂ ਨੂੰ ਇਸ ਝਾਂਸੇ ਵਿਚ ਲਿਆਉਣਾ ਚਾਹੁੰਦੇ ਹਨ, ਕਿ ਉਨ੍ਹਾਂ ਦਾ ਕਰਜ਼ਾ ਕੇਂਦਰ ਸਰਕਾਰ ਵੱਲੋਂ ਮੁਆਫ ਕੀਤਾ ਜਾਵੇਗਾ।
ਸ. ਬਾਦਲ ਨੇ ਮੁੱਖ ਮੰਤਰੀ ‘ਤੇ ਕਿਸਾਨਾਂ ਦੇ ਨਾਲ-ਨਾਲ ਮਨੁੱਖਤਾ ਖਿਲਾਫ ਵੀ ਅਪਰਾਧ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਚਿੱਠੀ ਕਾਗਜ਼ ਦੇ ਉਸ ਟੁਕੜੇ ਤੋਂ ਵੱਧ ਨਹੀਂ, ਜਿਸ ‘ਤੇ ਇਹ ਛਾਪੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ਦਾ ਹਿੱਸਾ ਹੈ ਕਿ ਕਾਂਗਰਸ ਪਾਰਟੀ ਨੇ ਹੀ ਕਿਸਾਨਾਂ ਨੁੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ, ਨਾ ਕਿ ਕੇਂਦਰ ਸਰਕਾਰ ਨੇ ਕਿਹਾ ਸੀ। ਸ. ਬਾਦਲ ਨੇ ਕਿਹਾ ਕਿ ਪੂਰਨ ਕਰਜ਼ਾ ਮੁਆਫੀ ਨੂੰ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਵੀ ਬਣਾਇਆ ਗਿਆ ਸੀ ਤੇ ਇਹ ਕਾਂਗਰਸ ਪਾਰਟੀ ਦੀ ਸਰਕਾਰ ਹੀ ਹੈ, ਜਿਸ ਦੀ ਜ਼ਿੰਮੇਵਾਰੀ ਇਸ ਨੂੰ ਪੂਰਾ ਕਰਨ ਦੀ ਬਣਦੀ ਹੈ ਨਾ ਕਿ ਕੇਂਦਰ ਸਰਕਾਰ ਦੀ।
ਸ. ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਅੱਧੀ ਜ਼ਿੰਮੇਵਾਰੀ ਚੁੱਕਣ ਲਈ ਕਹਿਣਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਸ ਚਿੱਠੀ ਦਾ ਕੋਈ ਤੁੱਕ ਨਹੀਂ ਬਣਦਾ ਤੇ ਇਸ ‘ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ। ਸ. ਬਾਦਲ ਨੇ ਕਿਹਾ ਕਿ ਇਸ ਚਿੱਠੀ ਨਾਲ ਕਾਂਗਰਸ ਪਾਰਟੀ ਨੂੰ ਇਸ ਮਾਮਲੇ ‘ਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫੀ ਦੀ ਅੱਧੀ ਜ਼ਿੰਮੇਵਾਰੀ ਨਾ ਚੁੱਕਣ ਦਾ ਬਹਾਨਾ ਮਿਲ ਜਾਵੇਗਾ ਤੇ ਉਹ ਰਾਜਨੀਤੀ ਕਰਦੀ ਰਹੇਗੀ।
ਸ. ਬਾਦਲ ਨੇ ਮੁੱਖ ਮੰਤਰੀ ਪੰਜਾਬ ਨੂੰ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਪਵਿੱਤਰ ਵਾਅਦੇ ਨੂੰ ਪੂਰਾ ਕਰਨ ਤੋਂ ਨਾ ਭੱਜਣ। ਉਨ੍ਹਾਂ ਕਿਹਾ ਕਿ ਚੰਨੀ ਨੇ ਆਪਣੀ ਚਿੱਠੀ ਵਿਚ ਮੰਨਿਆ ਹੈ ਕਿ ਕਾਂਗਰਸ ਪਾਰਟੀ ਆਪਣਾ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਲਾਗੂ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਨੇ ਇਸ ਮਾਮਲੇ ‘ਤੇ ਝੂਠੇ ਦਾਅਵੇ ਕਰ ਕੇ ਪੰਜਾਬੀਆਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਯਤਨ ਕੀਤਾ ਸੀ। ਜਿਸ ਤੇ ਹੁਣ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।
ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਇਹ ਜ਼ੋਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਝੂਠੇ ਇਨਸਾਨਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪ ਅੱਜ ਇਹ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਕਾਂਗਰਸ ਪਾਰਟੀ ‘ਤੇ ਸੱਚ ਬੋਲਣ ਦਾ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।