
ਚੰਡੀਗੜ੍ਹ 2 ਦਸੰਬਰ: ਪੰਜਾਬ ਸਰਕਾਰ ਵੱਲੋਂ ਔਰਬਿਟ ਅਤੇ ਨਿਊ ਦੀਪ ਬੱਸਾਂ ਜ਼ਬਤ ਕਰਨ ਅਤੇ ਪਰਮਿਟ ਰੱਦ ਕੀਤੇ ਜਾਣ ਦੇ ਮਾਮਲੇ ਵਿੱਚ ਵੀਰਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਵਲੋਂ ਮਾਮਲੇ ਦੀ ਸੁਣਵਾਈ ਪਿੱਛੋਂ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਜ਼ਿਕਰਯੋਗ ਹੈ ਕਿ ਟੈਕਸ ਨਾ ਭਰਨ ਕਾਰਨ ਪੰਜਾਬ ਸਰਕਾਰ ਵੱਲੋਂ ਨਿਊ ਦੀਪ ਪ੍ਰਾਈਵੇਟ ਬੱਸ ਸਰਵਿਸ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਸ ਵਿਰੁੱਧ ਦਾਇਰ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਵੜਿੰਗ ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਬੱਸਾਂ ਛੱਡਣ ਤੇ ਪਰਮਿਟ ਮੁੜ ਦੇਣ ਦੇ ਹੁਕਮ ਕੀਤੇ ਸਨ।
ਦੱਸਣਯੋਗ ਹੈ ਕਿ ਅੱਜ ਵੀਰਵਾਰ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਹੈ। ਹਾਈਕੋਰਟ ਵੱਲੋਂ ਆਉਣ ਵਾਲੇ ਇੱਕ-ਦੋ ਦਿਨਾਂ ਅੰਦਰ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਜਾ ਸਕਦਾ ਹੈ।