
ਚੋਣ ਕਮਿਸ਼ਨ ਨੇ 5 ਚੋਣ ਸੂਬਿਆਂ ਨੂੰ ਟੀਕਾਕਰਨ ‘ਚ ਤੇਜ਼ੀ ਲਾਉਣ ਲਈ ਕਿਹਾ: ਸੂਤਰ
ਚੰਡੀਗੜ੍ਹ 3 ਜਨਵਰੀ (ਦ ਪੰਜਾਬ ਟੁਡੇ ਬਿਊਰੋ) ਭਾਰਤ ਵਿਚ ਕੋਰੋਨਾ ਵਾਇਰਸ ਅਤੇ ਓਮੀਕਰੋਨ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਇਸ ਸਾਲ ਪੰਜਾਬ ਸਮੇਤ ਹੋਰ 4 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸਦੇ ਚਲਦਿਆਂ ਸਾਰੀਆਂ ਪਾਰਟੀਆਂ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਵਿੱਚ ਜੁਟੀਆਂ ਹੋਈਆਂ ਹਨ। ਇਸ ਮੌਕੇ ਸੂਤਰਾਂ ਦੁਵਾਰਾ ਮਿਲੀ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ 5 ਚੋਣਾਵੀ ਰਾਜਾਂ ਵਿੱਚ ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ ਦੀ ਰਫ਼ਤਾਰ ਨੂੰ ਲੈ ਕੇ ਵਧੇਰੇ ਚਿੰਤਤ ਹੈ।
ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜ ਚੋਣ ਰਾਜਾਂ ਦੇ ਪ੍ਰਮੁੱਖ ਸਕੱਤਰਾਂ ਨੂੰ ਪੱਤਰ ਲਿਖ ਕੇ ਰਾਜਾਂ ਵਿੱਚ ਕੋਰੋਨਾ ਟੀਕਾਕਰਨ ਦੀ ਗਤੀ ਨੂੰ ਤੇਜ਼ ਗਤੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮਨੀਪੁਰ ਵਿੱਚ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਬਹੁਤ ਘੱਟ ਦਰ ‘ਤੇ ਲੱਗਣ ਤੇ ਚਿੰਤਾ ਵੀ ਪ੍ਰਗਟਾਈ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਸਾਲ ਦੇਸ਼ ਦੇ ਪੰਜ ਰਾਜਾਂ ਗੋਆ, ਉੱਤਰ ਪ੍ਰਦੇਸ਼, ਪੰਜਾਬ, ਮਨੀਪੁਰ ਅਤੇ ਉਤਰਾਖੰਡ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਦੀ ਤਿਆਰੀ ਲਈ ਚੋਣ ਕਮਿਸ਼ਨ ਦੀਆਂ ਟੀਮਾਂ ਵੀ ਲਗਾਤਾਰ ਹਰ ਸੂਬੇ ਦਾ ਦੌਰਾ ਕਰ ਰਹੀਆਂ ਹਨ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਇਲਾਹਾਬਾਦ ਹਾਈ ਕੋਰਟ ਦੇ ਵੱਲੋ ਚੋਣ ਕਮਿਸ਼ਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ ਮੱਦੇਨਜ਼ਰ ਯੂ.ਪੀ. ਚੋਣਾਂ ਨੂੰ ਮੁਲਤਵੀ ਕਰਨ ਬਾਰੇ ਵਿਚਾਰ ਕਰਨ ਲਈ ਵੀ ਕਿਹਾ ਗਿਆ ਸੀ।
ਇਸ ਮੌਕੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਸਮੇਂ ‘ਤੇ ਕਰਵਾਉਣਾ ਚਾਹੁੰਦੀਆਂ ਹਨ। ਚੋਣ ਕਮਿਸ਼ਨਰ ਨੇ ਦੱਸਿਆ ਕਿ ਹਾਲ ਹੀ ਵਿੱਚ ਉਨ੍ਹਾਂ ਨਾਲ ਹੋਈ ਮੀਟਿੰਗ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਸੂਬੇ ਵਿੱਚ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਸਮੇਂ ਸਿਰ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਹ ਬਿਆਨ ਇਲਾਹਾਬਾਦ ਹਾਈ ਕੋਰਟ ਦੀ ਹਾਲੀਆ ਬੇਨਤੀ ਦੇ ਮੱਦੇਨਜ਼ਰ ਅਹਿਮੀਅਤ ਰੱਖਦਾ ਹੈ। ਜਿਸ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਰਾਜ ਵਿਧਾਨ ਸਭਾ ਚੋਣਾਂ ਨੂੰ ਕੁਝ ਸਮੇਂ ਲਈ ਮੁਲਤਵੀ ਕਰਨ ਬਾਰੇ ਵਿਚਾਰ ਕਰਨ ਲਈ ਕਿਹਾ ਗਿਆ ਸੀ। ਯੂ.ਪੀ. ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 14 ਮਈ, 2022 ਨੂੰ ਖਤਮ ਹੋਵੇਗਾ।
ਸੁਸ਼ੀਲ ਚੰਦਰਾ ਨੇ ਦੱਸਿਆ ਸੀ ਕਿ ਕੁਝ ਸਿਆਸੀ ਪਾਰਟੀਆਂ ਨੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕੀਤੇ ਬਿਨਾਂ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਰੈਲੀਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਸੀ ਕਿ ਕਮਿਸ਼ਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਮੁੱਦਿਆਂ ਤੋਂ ਜਾਣੂ ਹੈ ਅਤੇ ਵੋਟਿੰਗ ਪ੍ਰਕਿਰਿਆ ਨੂੰ ਹੋਰ ਸੁਚਾਰੂ, ਨਿਰਵਿਘਨ, ਸਰਲ ਅਤੇ ਲਾਲਚ ਰਹਿਤ ਬਣਾਉਣ ਲਈ ਤਿਆਰ ਹੈ।