
ਪੰਜਾਬ ਨੂੰ ਮਜ਼ਬੂਤ ਕਰਨ ਲਈ ਮੈਨੂੰ ਲੋਕਾਂ ਵੱਲੋਂ ਬੜਾ ਪਿਆਰ ਮਿਲ ਰਿਹੈ: ਕੈਪਟਨ
ਬਠਿੰਡਾ, 4 ਜਨਵਰੀ (ਦ ਪੰਜਾਬ ਟੁਡੇ ਬਿਊਰੋ) ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਦੌਰੇ ਤੇ ਬਠਿੰਡਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਗੜਬੜ ਕਰਵਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਜਿਸ ਦੇ ਲਈ ਸਰਹੱਦ ਉਤੇ ਡਰੋਨਾਂ ਨਾਲ ਹਥਿਆਰ ਸੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਨਵੀਆਂ ਪਾਰਟੀਆਂ ਬਣਦੀਆਂ ਹਨ ਤਾਂ ਉਨ੍ਹਾਂ ਨੂੰ ਬਣਾਉਣ ਦਾ ਕੋਈ ਨਾ ਕੋਈ ਕਾਰਨ ਹੁੰਦਾ ਹੈ।
ਸਾਬਕਾ ਮੁਖ ਮੰਤਰੀ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਵਿਚ ਰੌਸ਼ਨੀ ਫੈਲਾਈਏ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਬਚਾ ਸਕੀਏ ਅਤੇ ਉਨ੍ਹਾਂ ਨੂੰ ਬਾਹਰਲੇ ਦੇਸ਼ਾਂ ਵਿਚ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਾਰਡਰ ਏਰੀਆ ਬਹੁਤ ਜ਼ਿਆਦਾ ਲੰਬਾ ਹੈ। ਜਿਸ ਕਰਨ ਬਾਰਡਰ ਤੋਂ ਡਰੋਨਾਂ ਨਾਲ ਹਥਿਆਰ ਸੁੱਟੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਕਰਨ ਲਈ ਸਾਨੂੰ ਕੌਮੀ ਪਾਰਟੀ ਬਣਾਉਣੀ ਪਈ। ਉਨ੍ਹਾਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਕੱਲ਼੍ਹ ਪੰਜਾਬ ਆ ਰਹੇ ਹਨ, ਉਨ੍ਹਾਂ ਦਾ ਜਾ ਕੇ ਸਵਾਗਤ ਕਰੀਏ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਜਦੋਂ ਇਥੇ ਆ ਰਹੇ ਸਨ ਤਾਂ ਲੋਕਾਂ ਵਲੋਂ ਬਹੁਤ ਜ਼ਿਆਦਾ ਪਿਆਰ ਦਿੱਤਾ ਗਿਆ। ਹਰ ਪਿੰਡ ਵਿੱਚ ਲੋਕ ਉਨ੍ਹਾਂ ਲਈ ਇਕੱਠੇ ਹੋ ਰਹੇ ਹਨ ਅਤੇ ਉਨ੍ਹਾਂ ਦਾ ਸਵਾਗਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਸ ਵੇਲੇ ਮੀਂਹ ਪੈ ਰਿਹਾ ਸੀ, ਪਰ ਫਿਰ ਵੀ ਉਨ੍ਹਾਂ ਦੇ ਸਵਾਗਤ ਲਈ ਲੋਕ ਖੜ੍ਹੇ ਸਨ।