ਖੇਡ ਜਗਤਪੰਜਾਬ

ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਇੱਕ ਕਰੋੜ ਰੁਪਏ ਨਾਲ ਕੀਤਾ ਸਨਮਾਨਿਤ

ਹਾਕੀ ਖਿਡਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

41 ਸਾਲ ਬਾਅਦ ਇਤਿਹਾਸ ਸਿਰਜ ਕੇ ਭਾਰਤੀ ਹਾਕੀ ਖਿਡਾਰੀਆਂ ਨੇ ਦੇਸ਼ ਦਾ ਨਾਂ ਉੱਚਾ ਕੀਤਾ: ਬੀਬੀ ਜਗੀਰ ਕੌਰ

ਅੰਮ੍ਰਿਤਸਰ, 12 ਅਗਸਤ (ਬਿਊਰੋ ਰਿਪੋਰਟ) ਟੋਕੀਓ ਓਲੰਪਿਕ ਵਿੱਚੋਂ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪੁੱਜੀ ਭਾਰਤੀ ਹਾਕੀ ਟੀਮ ਦੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਦੇ ਸਾਹਮਣੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕਰਕੇ ਇਹ ਸਨਮਾਨ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੀਮ ਦੇ ਹਰ ਖਿਡਾਰੀ ਨੂੰ ਪੰਜ-ਪੰਜ ਲੱਖ ਰੁਪਏ ਦਾ ਚੈੱਕ, ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਨਮਾਨ ਚਿੰਨ੍ਹ ਦੇਣ ਦੇ ਨਾਲ-ਨਾਲ ਭਾਰਤੀ ਹਾਕੀ ਦੇ ਜਨਰਲ ਸਕੱਤਰ ਸ. ਰਜਿੰਦਰ ਸਿੰਘ ਅਤੇ ਖਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸਮਿਆਂ ਦੌਰਾਨ ਓਲੰਪਿਕ ਵਿੱਚੋਂ ਮੱਲ੍ਹਾਂ ਮਾਰਨ ਵਾਲੇ ਕਈ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਤਮਗਾ ਜਿੱਤ ਕੇ 41 ਸਾਲ ਬਾਅਦ ਜੋ ਇਤਿਹਾਸ ਸਿਰਜਿਆ ਹੈ, ਉਸ ਨਾਲ ਦੇਸ਼ ਦਾ ਨਾਂ ਪੂਰੀ ਦੁਨੀਆਂ ਵਿਚ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਇਹ ਖੁਸ਼ੀ ਹੋਰ ਵੀ ਜ਼ਿਆਦਾ ਹੈ ਕਿਉਂਕਿ ਭਾਰਤੀ ਹਾਕੀ ਟੀਮ ਵਿਚ ਬਹੁ-ਗਿਣਤੀ ਖਿਡਾਰੀ ਪੰਜਾਬ ਵਿੱਚੋਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਨੂੰ ਖੇਡ ਭਾਵਨਾ ਦੇ ਰੂਬਰੂ ਗੁਰੂ ਸਾਹਿਬਾਨ ਨੇ ਕਰਵਾਇਆ ਹੈ, ਜਿਸ ਤੋਂ ਅਗਵਾਈ ਲੈਂਦਿਆਂ ਸਾਡੇ ਨੌਜੁਆਨਾਂ ਨੇ ਹਮੇਸ਼ਾ ਹੀ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਖੇਡਾਂ ਭਾਈਚਾਰਕ ਸਾਂਝਾਂ ਮਜ਼ਬੂਤ ਕਰਦੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸੇ ਤਹਿਤ ਹੀ ਹਾਕੀ ਟੀਮ ਦੇ ਹਰ ਖਿਡਾਰੀ ਨੂੰ ਸਨਮਾਨਿਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਗੁਰੂ ਘਰ ਤੋਂ ਦਿੱਤਾ ਗਿਆ ਸਨਮਾਨ ਇਸ ਲਈ ਬਹੁਤ ਵੱਡਾ ਹੈ, ਕਿਉਂਕਿ ਇਹ ਕੇਵਲ ਰਾਸ਼ੀ ਹੀ ਨਹੀਂ ਬਲਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਮੇਟੀ ਦੀਆਂ ਖੇਡ ਅਕੈਡਮੀਆਂ ਲਗਾਤਾਰ ਸਰਗਰਮ ਹਨ ਅਤੇ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੂੰ ਭਾਰਤੀ ਹਾਕੀ ਵੱਲੋਂ ਮਾਨਤਾ ਮਿਲ ਚੁੱਕੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਹੋਰ ਖੇਡਾਂ ਲਈ ਵੀ ਖੇਡ ਡਾਇਰੈਕਟੋਰੇਟ ਸਥਾਪਿਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਵਿਚ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਅਗਲੇ ਓਲੰਪਿਕ ਵਿਚ ਸੋਨ ਤਮਗਾ ਜਿੱਤਣ ਦੀ ਆਸ ਪ੍ਰਗਟਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਵੀ ਹਾਕੀ ਟੀਮ ਦੇ ਖਿਡਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ। ਸਟੇਜ ਦਾ ਸੰਚਾਲਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਾਨ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰੀਕ ਸਿੰਘ ਵਿਛੋਆ, ਬੀਬੀ ਗੁਰਿੰਦਰ ਕੌਰ, ਸ. ਕੁਲਦੀਪ ਸਿੰਘ ਤੇੜਾ, ਅਕਾਲੀ ਆਗੂ ਯੁਵਰਾਜ ਭੁਪਿੰਦਰ ਸਿੰਘ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਸੁਖਬੀਰ ਸਿੰਘ ਵਾਹਲਾ, ਸ. ਰਣਬੀਰ ਸਿੰਘ ਰਾਣਾ ਲੋਪੋਕੇ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਮੀਤ ਸਿੰਘ ਆਨਰੇਰੀ ਸਕੱਤਰ, ਸ. ਦਿਲਰਾਜ ਸਿੰਘ ਗਿੱਲ, ਓਲੰਪੀਅਨ ਰਾਜਬੀਰ ਕੌਰ, ਓਲੰਪੀਅਨ ਗੁਰਮੇਜ ਸਿੰਘ, ਸ. ਗੁਰਜੀਤ ਸਿੰਘ ਢਿੱਲੋਂ, ਸ. ਬਲਵਿੰਦਰ ਸਿੰਘ ਸ਼ੰਮੀ, ਸੰਜੀਵ ਕੁਮਾਰ, ਸ. ਮਨਜੀਤ ਸਿੰਘ, ਹਾਕੀ ਕੋਚ ਸ. ਗੁਰਮੀਤ ਸਿੰਘ, ਵਧੀਕ ਮੈਨੇਜਰ ਸ. ਨਰਿੰਦਰ ਸਿੰਘ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

Show More

Related Articles

Leave a Reply

Your email address will not be published.

Back to top button